ਕਰੋਨਾ ਤੋਂ ਬਚਾਅ ਸਬੰਧੀ 100 ਪ੍ਰਤੀਸ਼ਤ ਟੀਕਾਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇ-ਸੇਤੀਆ
ਹੁਣ ਤੱਕ ਜਿਲੇ ਵਿੱਚ 5 ਲੱਖ 54 ਹਜ਼ਾਰ ਲੋਕਾਂ ਦਾ ਟੀਕਾਕਰਨ
ਫਰੀਦਕੋਟ 28 ਦਸੰਬਰ , ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਰੋਨਾ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ ਕਰਨ ਅਤੇ ਕਰੋਨਾ ਵੈਕਸੀਨੇਸ਼ਨ ਦੀ ਦੂਜੀ ਡੋਜ ਲਈ ਤਹਿ ਟੀਚਾ ਪੂਰਾ ਕਰਨਾ ਅਤੇ ਇਸ ਸਬੰਧੀ ਪੂਰੇ ਜਿਲੇ ਵਿੱਚ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ ਕਰਨ ਦੇ ਮਕਸਦ ਨਾਲ ਪ੍ਰਸ਼ਾਸ਼ਨਿਕ ਅਧਿਕਾਰੀਆਂ, ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਟੀਕਾਕਰਨ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਆਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਦੋ ਲੱਖ ਦੇ ਕਰੀਬ ਅਜਿਹੇ ਲੋਕ ਵੀ ਹਨ ਜਿਨ੍ਹਾਂ ਨੇ ਅਜੇ ਤੱਕ ਕਰੋਨਾ ਦੀ ਦੂਜੀ ਡੋਜ ਨਹੀਂ ਲਵਾਈ। ਉਨ੍ਹਾਂ ਕਿਹਾ ਕਿ ਇਸ ਵਿਚ ਜ਼ਿਆਦਾਤਰ ਲੋਕ ਪੇਂਡੂ ਖੇਤਰਾਂ ਨਾਲ ਸਬੰਧਤ ਹਨ। ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਕੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ, ਸਵੈ-ਸੇਵੀ ਸੰਸਥਾਵਾਂ ਅਤੇ ਹੋਰ ਜਨਤਕ ਨੁਮਾਇੰਦਿਆਂ ਦਾ ਵਿਸ਼ੇਸ਼ ਸਹਿਯੋਗ ਲਿਆ ਜਾਵੇ ਅਤੇ ਪਿੰਡਾਂ ਦੀਆਂ ਧਾਰਮਿਕ ਸੰਸਥਾਵਾਂ ਤੋਂ ਸਵੇਰੇ-ਸ਼ਾਮ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਟੀਕਾ ਕਰਨ ਕਰਵਾਉਣ ਲਈ ਅਪੀਲ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਮਗਨਰੇਗਾ, ਦਿਹਾੜੀਦਾਰ ਮਜ਼ਦੂਰ, ਰਾਸ਼ਨ ਡਿਪੂ, ਸਹਿਕਾਰੀ ਸਭਾਵਾਂ ਵਿੱਚ ਲੱਗੇ ਠੇਕੇਦਾਰਾਂ ਨੂੰ ਇਸ ਕੰਮ ਲਈ ਉਤਸ਼ਾਹਤ ਕੀਤਾ ਜਾਵੇ ਕਿ ਉਹ ਉਨ੍ਹਾਂ ਨਾਲ ਜੁੜੇ ਲੋਕਾਂ ਦਾ 100 ਪ੍ਰਤੀਸ਼ਤ ਟੀਕਾਕਰਨ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਹੁਣ ਤੱਕ ਜਿਲੇ ਵੱਚ 5 ਲੱਖ 54 ਹਜ਼ਾਰ ਦੇ ਕਰੀਬ ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ ਤੇ 3 ਜਨਵਰੀ 2022 ਤੋਂ 15 ਸਾਲ ਦੇ ਬੱਚਿਆਂ ਨੂੰ ਵੀ ਕਰੋਨਾ ਵੈਕਸੀਨੇਸ਼ਨ ਲਗਾਉਣ ਦੀ ਯੋਜਨਾ ਹੈ। ਉਨ੍ਹਾਂ ਸਮੂਹ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੰਮ ਵਿੱਚ ਜਿਲਾ ਪ੍ਰਸ਼ਾਸ਼ਨ, ਸਿਹਤ ਵਿਭਾਗ ਦੀਆਂ ਟੀਮਾਂ ਦਾ ਪੂਰਨ ਸਹਿਯੋਗ ਕਰਨ ਤਾਂ ਜੋ ਫਰੀਦਕੋਟ ਜਿਲੇ ਵਿੱਚ 100 ਪ੍ਰਤੀਸ਼ਤ ਟੀਕਾਕਰਨ ਕਰਕੇ ਇਸ ਨੂੰ ਕਰੋਨਾ ਮੁਕਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਕਰੋਨਾ ਦੇ ਨਵੇਂ ਵੈਰੀਏਂਟ ਓਮੀਕਰੋਨ ਤੋਂ ਬਚਾਅ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ, ਕੋਟਕਪੂਰਾ ਸ੍ਰੀ ਵਰਿੰਦਰ ਸਿੰਘ, ਐਸ.ਡੀ.ਐਮ. ਜੈਤੋ ਸ੍ਰੀ ਨਿਰਮਲ ਓਸੇਪਚਨ, ਐਸ.ਪੀ (ਐਚ) ਭੁਪਿੰਦਰ ਸਿੰਘ, ਸਿਵਲ ਸਰਜਨ ਡਾ. ਸੰਜੇ ਕਪੂਰ, ਡੀ.ਡੀ.ਪੀ.ਓ ਸ੍ਰੀ ਬਲਜੀਤ ਸਿੰਘ ਕੈਂਥ, ਡਾ, ਚੰਦਰ ਸੇਖਰ ਕੱਕੜ ਐਸ.ਐਮ.ਓ, ਮੁੱਖ ਖੇਤੀਬਾੜੀ ਅਫਸਰ ਸ੍ਰੀ ਕਿਰਨਜੀਤ ਸਿੰਘ, ਰਾਕੇਸ਼ ਕੰਬੋਜ ਐਮ.ਈ., ਜਿਲਾ ਭਲਾਈ ਅਫਸਰ ਸ੍ਰੀ ਗੁਰਮੀਤ ਸਿੰਘ ਬਰਾੜ, ਡੀ.ਐਫ.ਐਸ.ਸੀ. ਮੈਡਮ ਜਸਜੀਤ ਕੌਰ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।